ਮੁੜ ਮਿਲਣ ਦੇ ਵਾਅਦੇ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਸਮਾਪਤ, ਮੁੱਖ ਮੰਤਰੀ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਹਲਫ਼ ਲਿਆ
ਇਤਿਹਾਸ ਵਿਚ ਪਹਿਲੀ ਵਾਰ 9961 ਤਗਮਾ ਜੇਤੂ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਇਨਾਮੀ ਰਾਸ਼ੀ ਵਜੋਂ 6.85 ਕਰੋੜ ਰੁਪਏ ਡਿਜ਼ੀਟਲ ਵਿਧੀ ਰਾਹੀਂ ਕੀਤੇ ਤਬਦੀਲ
ਸੂਬੇ ਵਿੱਚ ਹਰੇਕ ਸਾਲ ਖੇਡਾਂ ਕਰਵਾਉਣ ਦਾ ਕੀਤਾ ਐਲਾਨ
ਲੁਧਿਆਣਾ,
ਅਗਲੇ ਸਾਲ ਮੁੜ ਮਿਲਣ ਦੇ ਵਾਅਦੇ ਨਾਲ ਲਗਪਗ ਤਿੰਨ ਮਹੀਨਿਆਂ ਤੱਕ ਚੱਲਿਆ ਖੇਡ ਮੇਲਾ 'ਖੇਡਾਂ ਵਤਨ Punjab ਦੀਆਂ’ ਗੁਰੂ ਨਾਨਕ ਸਟੇਡੀਅਮ ਵਿਖੇ ਰੰਗਾਰੰਗ ਪ੍ਰੋਗਰਾਮ ਨਾਲ ਸਮਾਪਤ ਹੋ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਅਹਿਦ ਲਿਆ।
ਇਨ੍ਹਾਂ ਖੇਡਾਂ ਦੌਰਾਨ ਰਾਜ ਪੱਧਰ 'ਤੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲੇ 9961 ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 6.85 ਕਰੋੜ ਰੁਪਏ ਦੀ ਰਾਸ਼ੀ ਡਿਜ਼ੀਟਲ ਤੌਰ 'ਤੇ ਤਬਦੀਲ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸੋਨਾ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ 10 ਹਜ਼ਾਰ ਰੁਪਏ, ਚਾਂਦੀ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ ਸੱਤ ਹਜ਼ਾਰ ਰੁਪਏ ਅਤੇ ਕਾਂਸੀ ਤਮਗਾ ਜੇਤੂ ਦੇ ਖਾਤੇ ਵਿੱਚ ਪੰਜ ਹਜ਼ਾਰ ਰੁਪਏ ਤਬਦੀਲ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕੋਨੇ-ਕੋਨੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ।
ਮੁੱਖ ਮੰਤਰੀ ਨੇ ਰਾਜ ਪੱਧਰੀ ਖੇਡਾਂ ਵਿੱਚ ਕ੍ਰਮਵਾਰ 202, 133 ਅਤੇ 123 ਸੋਨ ਤਗਮੇ ਜਿੱਤ ਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਪਟਿਆਲਾ, ਲੁਧਿਆਣਾ ਅਤੇ ਐਸ.ਏ.ਐਸ. ਨਗਰ ਦੀਆਂ ਟੀਮਾਂ ਦਾ ਸਨਮਾਨ ਕੀਤਾ। ਉਨ੍ਹਾਂ ਅੰਮ੍ਰਿਤਸਰ, ਬਰਨਾਲਾ, ਫ਼ਰੀਦਕੋਟ, ਜਲੰਧਰ, ਲੁਧਿਆਣਾ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ ਅਤੇ ਸੰਗਰੂਰ ਸਮੇਤ ਨੌਂ ਜ਼ਿਲ੍ਹਿਆਂ ਨੂੰ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਵਧੀਆ ਢੰਗ ਨਾਲ ਰਾਜ ਪੱਧਰੀ ਖੇਡਾਂ ਦਾ ਪ੍ਰਬੰਧ ਕਰਨ ਲਈ ਵੀ ਸਨਮਾਨਿਤ ਕੀਤਾ। ਭਗਵੰਤ ਮਾਨ ਨੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੀ ਇਨ੍ਹਾਂ ਖੇਡਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧਾਈ ਦਿੱਤੀ।
ਲਗਭਗ ਤਿੰਨ ਮਹੀਨਿਆਂ ਤੱਕ ਚੱਲੇ ਇਸ ਸ਼ਾਨਦਾਰ ਖੇਡ ਮੇਲੇ ਦੀ ਸਮਾਪਤੀ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਖੇਡਾਂ ਵਿੱਚ ਵੱਖ-ਵੱਖ ਛੇ ਉਮਰ ਵਰਗਾਂ ਦੇ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਨੇ 28 ਖੇਡ ਵੰਨਗੀਆਂ ਵਿੱਚ ਬਲਾਕ ਤੋਂ ਲੈ ਕੇ ਰਾਜ ਪੱਧਰ ਤੱਕ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਲਾਮਿਸਾਲ ਪ੍ਰਾਪਤੀਆਂ ਵਾਲੇ ਖਿਡਾਰੀਆਂ ਦੀ ਭਰਤੀ ਨੂੰ ਪਹਿਲ ਦੇਵੇਗੀ।
ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਜਿੱਤ ’ਤੇ ਘੁਮੰਡ ਨਾ ਕਰਨ, ਸਗੋਂ ਨਿਮਰਤਾ ਨਾਲ ਕੰਮ ਕਰਨ ਅਤੇ ਹੋਰ ਸਫ਼ਲਤਾ ਲਈ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਨੌਜਵਾਨਾਂ ਨੇ ਖੇਡਾਂ ਵਿੱਚ ਭਾਰੀ ਉਤਸ਼ਾਹ ਨਾਲ ਭਾਗ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖ਼ੁਸ਼ੀ ਹੋ ਰਹੀ ਹੈ ਕਿ ਕੁਝ ਥਾਈਂ ਇਕ ਪਰਿਵਾਰ ਦੀਆਂ ਤਿੰਨ-ਤਿੰਨ ਪੀੜ੍ਹੀਆਂ ਨੇ ਵੀ ਇਨ੍ਹਾਂ ਖੇਡਾਂ ਵਿੱਚ ਹਿੱਸਾ ਲਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਖੇਡ ਪ੍ਰੇਮੀ ਹਨ, ਜਿਸ ਕਾਰਨ ਉਹ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰਾਸ਼ਟਰਮੰਡਲ ਖੇਡਾਂ ਤੋਂ ਵਾਪਸ ਆਉਂਦੇ ਹੀ ਪੰਜਾਬ ਦੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਹਰ ਖੇਡ ਵਿੱਚ ਪਹਿਲੇ ਤਿੰਨ ਨੰਬਰ ਪੰਜਾਬੀ ਖਿਡਾਰੀਆਂ ਦੇ ਹਿੱਸੇ ਆਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕੀਤਾ ਹੈ, ਜੋ ਹਰ ਸਾਲ 46 ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਰਸਕਾਰ ਜੇਤੂਆਂ ਨੂੰ ਪ੍ਰਸੰਸਾ ਪੱਤਰ ਸਮੇਤ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਇਹ ਐਵਾਰਡ ਕਰੀਬ ਸੱਤ ਸਾਲ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਇਸ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਅਹਿਦ ਲਿਆ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਨੇਕ ਕਾਰਜ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸਾਂਝੇ ਯਤਨਾਂ ਦੇ ਸਾਰਥਕ ਸਿੱਟੇ ਨਿਕਲਣਗੇ ਅਤੇ ਸੂਬੇ ਵਿੱਚ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਦੇ ਯੁੱਗ ਦਾ ਆਗਾਜ਼ ਹੋਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਰਚ-2023 ਵਿੱਚ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਹੋਣ ਵਾਲਾ ਜੀ-20 ਸਿਖਰ ਸੰਮੇਲਨ ਪੰਜਾਬ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਸਰਕਾਰ ਨੂੰ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਆਪਣੀਆਂ ਪ੍ਰਾਪਤੀਆਂ ਅਤੇ ਸਹੂਲਤਾਂ ਦਰਸਾਉਣ ਲਈ ਮੰਚ ਵੀ ਪ੍ਰਦਾਨ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸਾਡੇ ਲਈ ਇਹ ਸੁਨਹਿਰੀ ਮੌਕਾ ਹੈ ਜਦੋਂ ਪੰਜਾਬ ਨੂੰ ਬਿਹਤਰੀਨ ਮੌਕਿਆਂ ਦੀ ਧਰਤੀ ਵਜੋਂ ਉਭਾਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਖੁਸ਼ਕਿਸਮਤੀ ਹੈ ਕਿ ਇਸ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ, ਜਿਸ ਵਿੱਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿੱਖਿਆ ਅਤੇ ਕਿਰਤ ਸਮੇਤ ਹੋਰ ਮਹੱਤਵਪੂਰਨ ਮੁੱਦਿਆਂ ਬਾਰੇ ਚਰਚਾ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਖੇਡਾਂ ਇਸ ਦਿਸ਼ਾ ਵੱਲ ਸਾਰਥਕ ਕਦਮ ਹੈ ਕਿਉਂਕਿ ਇਸ ਨੇ ਖਿਡਾਰੀਆਂ ਨੂੰ ਉਨ੍ਹਾਂ ਦੀ ਲੁਕੀ ਹੋਈ ਪ੍ਰਤਿਭਾ ਨੂੰ ਪ੍ਰਗਟਾਉਣ ਦਾ ਢੁਕਵਾਂ ਮੰਚ ਪ੍ਰਦਾਨ ਕੀਤਾ ਹੈ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਖੇਡਾਂ ਸੂਬਾ ਸਰਕਾਰ ਨੂੰ ਖਿਡਾਰੀਆਂ ਦੀਆਂ ਖੂਬੀਆਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਵੀ ਮਦਦ ਕਰਨਗੀਆਂ ਜੋ ਭਵਿੱਖ ਵਿੱਚ ਹੋਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਲਾਹੇਵੰਦ ਸਾਬਤ ਹੋਣਗੀਆਂ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂਕਿ ਇਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੱਧ ਤੋਂ ਵੱਧ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਦੀ ਸਰਕਾਰ ਵੱਧ ਤੋਂ ਵੱਧ ਕਾਬਲ ਖਿਡਾਰੀ ਪੈਦਾ ਕਰਨ ਲਈ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਭਾਰਤੀ ਦਲ ਵਿੱਚ ਵੱਧ ਤੋਂ ਵੱਧ ਖਿਡਾਰੀ ਯੋਗਦਾਨ ਪਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਸਮਰੱਥਾ ਦਾ ਲਾਭ ਉਠਾਉਣ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣ ਲਈ ਪੂਰੀ ਵਾਹ ਲਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਖੇਡਾਂ ਦਾ ਆਪਸ ਵਿੱਚ ਮਜ਼ਬੂਤ ਅਤੇ ਅਟੁੱਟ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਖੇਡ ਪ੍ਰਤਿਭਾ ਵਿਰਾਸਤ ਵਿਚ ਮਿਲੀ ਹੈ ਪਰ ਪਿਛਲੀਆਂ ਸਰਕਾਰਾਂ ਉਨ੍ਹਾਂ ਨੂੰ ਲੋੜੀਂਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਵਿੱਚ ਅਸਫਲ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੁਣ ਖਿਡਾਰੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚਾ ਅਤੇ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਤੋਂ ਪਹਿਲਾਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਇਸ ਖੇਡ ਮੇਲੇ ਨੂੰ ਵੱਡੀ ਪੱਧਰ ’ਤੇ ਸਫ਼ਲ ਬਣਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਿਭਾਈ ਗਈ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਮੀਤ ਹੇਅਰ ਨੇ ਕਿਹਾ ਕਿ ਇਨ੍ਹਾਂ ਖੇਡਾਂ ਨੇ ਸੂਬੇ ਦੇ ਇਤਿਹਾਸ ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖੀ ਹੈ।
ਇਸ ਤੋਂ ਪਹਿਲਾਂ ਰਾਸ਼ਟਰਮੰਡਲ ਖੇਡਾਂ ਵਿਚ ਚਾਂਦੀ ਦਾ ਤਗਮਾ ਜੇਤੂ ਵੇਟਲਿਫਟਰ ਵਿਕਾਸ ਠਾਕੁਰ ਨੇ ਮੁੱਖ ਮੰਤਰੀ ਨੂੰ ਖੇਡਾਂ ਦਾ ਝੰਡਾ ਸੌਂਪਿਆ। ਭਗਵੰਤ ਮਾਨ ਨੇ ਹਰੇਕ ਸਾਲ ਖੇਡਾਂ ਕਰਵਾਉਣ ਲਈ ਖੇਡ ਵਿਭਾਗ ਨੂੰ ਝੰਡੀ ਦਿੱਤੀ।
ਇਸ ਦੌਰਾਨ ਕਲਾਕਾਰਾਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਉੱਘੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ, ਪਰੀ ਪੰਧੇਰ ਅਤੇ ਅਰਮਾਨ ਢਿੱਲੋਂ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਦਾ ਖੂਬ ਮਨੋਰੰਜਨ ਕੀਤਾ।
ਇਸ ਮੌਕੇ 'ਤੇ ਸ਼ਾਨਦਾਰ ਰਵਾਇਤੀ ਨਾਚ 'ਗਿੱਧਾ' ਅਤੇ 'ਭੰਗੜਾ' ਦੇ ਨਾਲ ਖੇਡਾਂ ਬਾਰੇ ਇੱਕ ਪ੍ਰਭਾਵਸ਼ਾਲੀ ਵੀਡੀਓ ਨੇ ਦਰਸ਼ਕਾਂ ਦਾ ਮਨ ਟੁੰਬ ਲਿਆ ਅਤੇ ਉਨ੍ਹਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਇਸ ਮੌਕੇ ਹਾਜ਼ਰ ਲੋਕਾਂ ਨੇ ਆਤਿਸ਼ਬਾਜ਼ੀ ਦੇ ਸ਼ਾਨਦਾਰ ਪ੍ਰਦਰਸ਼ਨ ਮੌਕੇ ਖੜ੍ਹੇ ਹੋ ਕੇ ਤਾੜੀਆਂ ਵੀ ਮਾਰੀਆਂ।
No comments